Tuesday, February 16, 2010

ਬੈਠੋਗੇ ਕਲ੍ਹ ਨੂੰ ਮਿਤਰੋ! ਮਹਿਫ਼ਿਲ ਦੇ ਵਿਚ ਇਕੱਲੇ

ਬੈਠੋਗੇ ਕਲ੍ਹ ਨੂੰ ਮਿਤਰੋ! ਮਹਿਫ਼ਿਲ ਦੇ ਵਿਚ ਇਕੱਲੇ।
ਆਗੀ, ਅਸਾਡੀ ਆਗੀ, ਚੱਲੇ, ਅਸੀਂ ਵੀ ਚੱਲੇ।

ਹੁਣ ਸੁਰਖ਼ੁਰੂ ਹਾਂ ਹੋਏ, ਥੋੜ੍ਹੇ ਪਲਾਂ ਨੂੰ ਛਡਕੇ,
ਸਾਰੀ ਹੀ ਉਮਰ ਸਾਡੇ, ਦਰਦਾਂ ਨੇ ਰਾਹ ਮੱਲੇ।

ਹੈ ਮਰਨ ਪਿੱਛੋਂ ਆਈ, ਮੁਸਕਾਨ ਤਾਂ ਹੀ ਬੁੱਲ੍ਹੀਂ,
ਮਨ ਨੇ ਸਹੇ ਨੇ ਤਾਨ੍ਹੇ, ਤਨ ਨੇ ਤਸੀਹੇ ਝੱਲੇ।

ਜੀਂਦੇ ਰਹੇ ਤਾਂ ਵੇਖੋ, ਪੁੱਛਿਆ ਕਿਸੇ ਨਾ ਸਾਨੂੰ,
ਹੁਣ ਮਰਨ ਪਿੱਛੋਂ ਸਾਡੀ, ਹੋਵੇਗੀ ਬੱਲੇ-ਬੱਲੇ।

ਹੁਣ ਜਾ ਰਹੇ ਹਾਂ ਜਿੱਥੇ, ਪਹੁੰਚੇ ਨਾ ਕਾਂ, ਕਬੂਤਰ,
ਦਿਲਬਰ ਨੂੰ ਆਖ ਦੇਣਾ, ਹੁਣ ਨਾ ਸੁਨੇਹੇ ਘੱਲੇ।

ਸ਼ਰਧਾਂਜਲੀ ਬਹਾਨੇ, ਦਿਲ ਦੀ ਭੜਾਸ ਕਢ ਕੇ,
ਨਾ ਛੇੜਿਓ ਇਨ੍ਹਾਂ ਨੂੰ, ਸਾਰੇ ਨੇ ਜ਼ਖ਼ਮ ਅੱਲੇ।

ਨਾਜ਼ੁਕ ਸਰੀਰ ਹੋਇਆ ਮਸਾਂ ਹੈ ਹੌਲ਼ਾ,
ਐਵੇਂ ਨਾ ਦੱਬੀ ਜਾਓ, ਲੋਈਆਂ ਦੇ ਭਾਰ ਥੱਲੇ।

0 comments:

Post a Comment